
ਸਰਹੱਦ ਪਾਰੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਫਾਜ਼ਿਲਕਾ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ
ਐਸਐਸਪੀ ਫਾਜ਼ਿਲਕਾ ਵੱਲੋਂ ਰਾਤ ਸਮੇਂ ਸਰਹੱਦੀ ਇਲਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ !
ਫਾਜ਼ਿਲਕਾ 28 ਜੂਨ ਅੰਤਰਰਾਸ਼ਟਰੀ ਸਰਹੱਦ ਪਾਰੋਂ ਹੋਣ ਵਾਲੀਆਂ ਦੇਸ਼ ਵਿਰੋਧੀ ਗਤੀਵਿਧੀਆਂ, ਨਸ਼ਾ ਤਸਕਰੀ ਅਤੇ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਦੇ ਮੰਤਵ ਨਾਲ ਸ੍ਰੀ ਗਗਨ ਅਜੀਤ ਸਿੰਘ ਪੀ.ਪੀ.ਐਸ, ਐਸ.ਐਸ.ਪੀ ਫਾਜ਼ਿਲਕਾ ਜੀ ਵੱਲੋਂ ਸ੍ਰੀ ਗੁਰਸੇਵਕ ਸਿੰਘ ਡੀ.ਐਸ.ਪੀ ਸਬ ਡਵੀਜਨ ਜਲਾਲਾਬਾਦ ਅਤੇ ਸ੍ਰੀ ਲਵਦੀਪ ਸਿੰਘ ਗਿੱਲ, ਡੀ.ਐਸ.ਪੀ ਸਥਾਨਿਕ ਫਾਜ਼ਿਲਕਾ ਸਮੇਤ ਰਾਤ ਸਮੇਂ ਸਰਹੱਦੀ ਖੇਤਰਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਐਸ.ਐਸ.ਪੀ ਫਾਜ਼ਿਲਕਾ ਜੀ ਨੇ ਸਰਹੱਦੀ ਇਲਾਕਿਆਂ ਵਿੱਚ ਤਾਇਨਾਤ ਪੁਲਿਸ ਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੂਰੀ ਚੌਕਸੀ, ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਨਿਗਰਾਨੀ ਹੋਰ ਮਜ਼ਬੂਤ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਦੌਰਾਨ ਐਸ.ਐਸ.ਪੀ ਫਾਜ਼ਿਲਕਾ ਨੇ BSF ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਕੇ ਸਰਹੱਦ ਦੀ ਸੁਰੱਖਿਆ, ਸਾਂਝੀ ਰਣਨੀਤੀ ਅਤੇ ਆਪਸੀ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵਾਂ ਸੁਰੱਖਿਆ ਬਲਾਂ ਵੱਲੋਂ ਸਰਹੱਦੀ ਖੇਤਰਾਂ ਵਿੱਚ ਸਾਂਝੀ ਪੈਟਰੋਲਿੰਗ, ਨਾਕਾਬੰਦੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਜ਼ਦੀਕੀ ਨਿਗਰਾਨੀ ਲਗਾਤਾਰ ਜਾਰੀ ਹੈ।
ਫਾਜ਼ਿਲਕਾ ਪੁਲਿਸ ਅਤੇ BSF ਵੱਲੋਂ ਆਪਸੀ ਸਹਿਯੋਗ ਨਾਲ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਘੇਰਾ ਹੋਰ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਸਰਹੱਦ ਪਾਰੋਂ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕੋਸ਼ਿਸ਼ ਨੂੰ ਸਮੇਂ ਸਿਰ ਨਾਕਾਮ ਬਣਾਇਆ ਜਾ ਸਕੇ।
ਐਸ.ਐਸ.ਪੀ ਫਾਜ਼ਿਲਕਾ ਜੀ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਸੁਰੱਖਿਆ, ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਫਾਜ਼ਿਲਕਾ ਪੁਲਿਸ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ।