*ਅਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ*
*ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ*
*ਅੰਗ-694, 03 ਸਤੰਬਰ 2026*
*ਧਨਾਸਰੀ ਭਗਤ ਰਵਿਦਾਸ ਜੀ ਕੀ ॥*
*ੴ ਸਤਿਗੁਰ ਪ੍ਰਸਾਦਿ ॥*
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
*ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥*
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ।
*ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧* ॥
(ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥
*ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥*
ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ;
*ਕਾਰਨ ਕਵਨ ਅਬੋਲ ॥ ਰਹਾਉ ॥*
ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ? ਰਹਾਉ॥
*ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥*
ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ;
*ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥*
ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ ਜੀ* 🙏