ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦਾ ਅੱਜ 8 ਨਵੰਬਰ ਨੂੰ ਕਰੀਬ 26 ਦਿਨਾਂ ਬਾਅਦ ਅੰਤਿਮ ਸਸਕਾਰ ਕਰ ਦਿੱਤਾ ਗਿਆ। ਚੰਡੀਗੜ੍ਹ PGI ਵਿੱਚ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਫੁੱਲਾਂ ਨਾਲ ਸਜੀ ਐਂਬੂਲੈਂਸ ਰਾਹੀਂ ਮਾਨਸਾ ਲਿਆਂਦੀ ਗਈ।
ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਵੱਲੋਂ ਅੰਤਿਮ ਦਰਸ਼ਨ ਕਰਨ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ ਵਿੱਚ ਸ਼ਹਿਰ 'ਚੋਂ ਅੰਤਿਮ ਯਾਤਰਾ ਕੱਢੀ ਗਈ। ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਚਕੇਰੀਆ ਰੋਡ ਸਥਿਤ ਜੱਦੀ ਖੇਤ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
ਦੂਜੇ ਪਾਸੇ, ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਮਾਨਸਾ ਦੇ SSP ਵੈਭਵ ਚੌਧਰੀ ਦੇ ਤਬਾਦਲੇ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਹਨ। ਪਰਿਵਾਰ ਨੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।