
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋਵਲੀ ਵਿੱਚ ਵਿਸ਼ਵ ਜ਼ੂਨੋਸਿਸ ਦਿਵਸ ਮਨਾਇਆ ਗਿਆ
ਫਾਜ਼ਿਲਕਾ, 6 ਜੁਲਾਈ(ਵਰਮਾ), ਵਿਸ਼ਵ ਜ਼ੂਨੋਸਿਸ ਦਿਵਸ ਦੇ ਮੌਕੇ ‘ਤੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੋਵਲੀ ਵਿੱਚ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਉਹਨਾਂ ਬਿਮਾਰੀਆਂ ਬਾਰੇ ਜਾਣਕਾਰੀ ਦੇਣਾ ਸੀ ਜੋ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਦੀਆਂ ਹਨ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਅ ਸਮਝਾਉਣਾ ਸੀ।
ਪ੍ਰੋਗਰਾਮ ਦੌਰਾਨ ਸਿਹਤ ਵਿਭਾਗ ਦੇ ਜਿਲ੍ਹਾ ਮਹਾਮਾਰੀ ਅਫਸਰ ਡਾਕ੍ਟਰ ਸੁਨੀਤਾ ਕੰਬੋਜ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ੂਨੋਟਿਕ ਬਿਮਾਰੀਆਂ ਜਿਵੇਂ ਕਿ ਰੇਬੀਜ਼, ਬਰੂਸੈਲੋਸਿਸ, ਲੈਪਟੋਸਪਾਇਰੋਸਿਸ ਅਤੇ ਬਰਡ ਫਲੂ ਆਦਿ ਮਨੁੱਖੀ ਸਿਹਤ ਲਈ ਗੰਭੀਰ ਖਤਰਾ ਬਣ ਸਕਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪਾਲਤੂ ਅਤੇ ਜੰਗਲੀ ਪਸ਼ੂਆਂ ਨਾਲ ਸੰਪਰਕ ਦੌਰਾਨ ਸਾਵਧਾਨੀ ਬਰਤਣਾ ਬਹੁਤ ਜ਼ਰੂਰੀ ਹੈ ਅਤੇ ਸਮੇਂ-ਸਮੇਂ ‘ਤੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ।
ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਡਾਕਟਰ ਲਵਪ੍ਰੀਤ ਸਿੰਘ ਨੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਪਸ਼ੂਆਂ ਦੀ ਸਹੀ ਦੇਖਭਾਲ, ਸਾਫ-ਸਫਾਈ ਅਤੇ ਉਨ੍ਹਾਂ ਦੀ ਸਿਹਤ ਦੀ ਨਿਯਮਿਤ ਜਾਂਚ ਨਾਲ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਸ਼ੂ ਵਿੱਚ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ਤਾਂ ਤੁਰੰਤ ਨਜ਼ਦੀਕੀ ਪਸ਼ੂ ਚਿਕਿਤਸਕ ਨਾਲ ਸੰਪਰਕ ਕੀਤਾ ਜਾਵੇ। ਮਾਸ ਮੀਡੀਆ ਬ੍ਰਾਂਚ ਤੋਂ ਮਨਵੀਰ ਸਿੰਘ ਅਤੇ ਦਿਵੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਹੱਥ ਧੋਣ ਦੀ ਮਹੱਤਤਾ, ਸਾਫ ਪਾਣੀ ਦੀ ਵਰਤੋਂ ਅਤੇ ਸਫਾਈ ਸਬੰਧੀ ਹੋਰ ਜ਼ਰੂਰੀ ਸੂਚਨਾ ਵੀ ਦਿੱਤੀ ਗਈ।
ਸਕੂਲ ਪ੍ਰਿੰਸੀਪਲ ਮਨੋਜ ਸ਼ਰਮਾ ਵੱਲੋਂ ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ।
ਅੰਤ ਵਿੱਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਜ਼ੂਨੋਟਿਕ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਅਤੇ ਸਫਾਈ ਦੇ ਨਿਯਮਾਂ ਦੀ ਪਾਲਣਾ ਕਰਨ। ਇਸ ਤਰ੍ਹਾਂ ਦੇ ਸਾਂਝੇ ਉਪਰਾਲਿਆਂ ਨਾਲ ਹੀ ਸਮਾਜ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਇਸ ਦੋਰਾਨ ਮਾਸ ਮੀਡੀਆ ਟੀਮ ਨਾਲ਼ ਸਕੂਲ ਟੀਚਰ ਅਤੇ ਅਤਿੰਦਰ ਪਾਲ ਸਿੰਘ ਹਾਜਰ ਸੀ।