ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸਾਬਕਾ ਭਾਰਤੀ ਹਾਕੀ ਕਪਤਾਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਪੂਰੇ ਪੰਜਾਬ ਸਮੇਤ ਨੰਗਲ ਇਲਾਕੇ ਵਿੱਚ ਕਾਂਗਰਸੀ ਵਰਕਰਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਖੁਸ਼ੀ ਦੇ ਚਲਦਿਆਂ ਬਲਾਕ ਕਾਂਗਰਸ ਕਮੇਟੀ ਨੰਗਲ ਵੱਲੋਂ ਸਾਬਕਾ ਸਪੀਕਰ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਨੇਤਾ ਰਾਣਾ ਕੰਵਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਕਾਂਗਰਸ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਦੀ ਯੋਗ ਅਗਵਾਈ ਹੇਠ ਬਲਾਕ ਕਾਂਗਰਸ ਦਫ਼ਤਰ ਵਿਖੇ ਲੱਡੂ ਵੰਡ ਕੇ ਜਸ਼ਨ ਮਨਾਇਆ ਗਿਆ।
ਇਸ ਮੌਕੇ ਇਕੱਠੇ ਹੋਏ ਸਮੂਹ ਕਾਂਗਰਸੀ ਵਰਕਰਾਂ, ਐਮ.ਸੀ. ਸਾਹਿਬਾਨਾਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਕਾਂਗਰਸ ਹਾਈਕਮਾਂਡ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਪਰਗਟ ਸਿੰਘ ਹਾਕੀ ਦੇ ਇੱਕ ਬਿਹਤਰੀਨ ਖਿਡਾਰੀ ਰਹੇ ਹਨ ਅਤੇ ਉਨ੍ਹਾਂ ਅੰਦਰ ਇੱਕ ਸ਼ਾਨਦਾਰ ਸਪੋਰਟਸਮੈਨ ਸਪਿਰਿਟ ਹੈ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡਾ ਫਾਇਦਾ ਹੋਵੇਗਾ।